ਪੰਜਾਬ ਰਾਜ ਗਊ ਸੇਵਾ ਕਮਿਸ਼ਨ ਚੇਅਰਮੈਨ ਵੱਲੋਂ ਪੀ. ਏ. ਯੂ. ਅਤੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਉੱਪ ਕੁਲਪਤੀਆਂ ਨਾਲ ਮੀਟਿੰਗ

Spread the love
  •  
  •  
  •  
  •  

ਪੰਜਾਬ ਰਾਜ ਗਊ ਸੇਵਾ ਕਮਿਸ਼ਨ ਚੇਅਰਮੈਨ ਵੱਲੋਂ ਪੀ. ਏ. ਯੂ. ਅਤੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਉੱਪ ਕੁਲਪਤੀਆਂ ਨਾਲ ਮੀਟਿੰਗ

ਲੁਧਿਆਣਾ, ( ਹਰੀਸ਼ ਕੁਮਾਰ )-ਪੰਜਾਬ ਰਾਜ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਨੇ ਅੱਜ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਉੱਪ ਕੁਲਪਤੀਆਂ ਨਾਲ ਅਲੱਗ-ਅਲੱਗ ਮੀਟਿੰਗ ਕੀਤੀ। ਜਿਸ ਦੌਰਾਨ ਉਨਾਂ ਅਪੀਲ ਕੀਤੀ ਕਿ ਅਗਾਮੀ ਮਾਰਚ ਮਹੀਨੇ ਆਯੋਜਿਤ ਕੀਤੇ ਜਾਣ ਵਾਲੇ ਕਿਸਾਨ ਮੇਲੇ ਅਤੇ ਪਸ਼ੂ ਪਾਲਣ ਮੇਲੇ ਦੌਰਾਨ ਪੰਜਾਬ ਭਰ ਤੋਂ ਆਉਣ ਵਾਲੇ ਕਿਸਾਨਾਂ ਤੇ ਹੋਰ ਲੋਕਾਂ ਨੂੰ ਆਵਾਰਾ ਪਸ਼ੂਆਂ ਦੀ ਸੰਭਾਲ ਬਾਰੇ ਜਾਗਰੂਕ ਕੀਤਾ ਜਾਵੇ। ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਸ੍ਰੀ ਸ਼ਰਮਾ ਨੇ ਕਿਹਾ ਕਿ ਆਮ ਤੌਰ ‘ਤੇ ਦਿਹਾਤੀ ਖੇਤਰਾਂ ਵਿੱਚ ਆਵਾਰਾ ਪਸ਼ੂਆਂ ਵੱਲੋਂ ਫਸਲਾਂ ਦੀ ਖਰਾਬੀ ਅਤੇ ਜਾਨੀ ਨੁਕਸਾਨ ਦੀਆਂ ਸ਼ਿਕਾਇਤਾਂ ਸੁਣਨ ਨੂੰ ਮਿਲਦੀਆਂ ਹਨ, ਜੋ ਕਿ ਇੱਕ ਗੰਭੀਰ ਮਾਮਲਾ ਹੈ। ਇਸ ਸਮੱਸਿਆ ਨਾਲ ਨਜਿੱਠਣ ਲਈ ਇਕੱਲਾ ਕਮਿਸ਼ਨ ਜਾਂ ਸਰਕਾਰ ਕੁਝ ਨਹੀਂ ਕਰ ਸਕਦੇ। ਇਸ ਲਈ ਆਮ ਲੋਕਾਂ, ਖਾਸ ਕਰਕੇ ਕਿਸਾਨਾਂ ਦੇ ਸਹਿਯੋਗ ਦੀ ਬਹੁਤ ਜਿਆਦਾ ਜ਼ਰੂਰਤ ਹੈ। ਜੇਕਰ ਕਿਸਾਨ ਇਨਾਂ ਅਵਾਰਾ ਪਸ਼ੂਆਂ ਨੂੰ ਮਾਰਨ ਜਾਂ ਆਪਣੇ ਖੇਤਰਾਂ ਵਿੱਚੋਂ ਬਾਹਰ ਕੱਢਣ ਦੀ ਬਿਜਾਏ ਇਨਾਂ ਪਸ਼ੂਆਂ ਨੂੰ ਸੰਭਾਲ ਲੈਣ ਤਾਂ ਇਸ ਨਾਲ ਅਵਾਰਾ ਪਸ਼ੂਆਂ ਦੀ ਸੰਭਾਲ ਵੀ ਹੋ ਸਕਦੀ ਹੈ ਅਤੇ ਜਾਨੀ ਮਾਲੀ ਨੁਕਸਾਨ ਤੋਂ ਵੀ ਬਚਿਆ ਜਾ ਸਕਦਾ ਹੈ। ਉਨਾਂ ਕਿਹਾ ਕਿ ਨਹੀਂ ਤਾਂ ਕਿਸਾਨ ਇਸ ਸੰਬੰਧੀ ਪ੍ਰਸਾਸ਼ਨ ਦੇ ਧਿਆਨ ਵਿੱਚ ਵੀ ਮਾਮਲਾ ਲਿਆ ਸਕਦੇ ਹਨ ਤਾਂ ਜੋ ਉਹ ਪਸ਼ੂ ਸੁਰੱਖਿਅਤ ਤਰੀਕੇ ਨਾਲ ਗਊਸ਼ਾਲਾਵਾਂ ਤੱਕ ਪਹੁੰਚਾਏ ਜਾ ਸਕਣ। ਉਨਾਂ ਕਿਹਾ ਕਿ ਕਮਿਸ਼ਨ ਵੱਲੋਂ ਸੂਬੇ ਵਿੱਚ ਸਾਹੀਵਾਲ ਗਾਵਾਂ ਨੂੰ ਉਤਸ਼ਾਹਿਤ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ। ਪਿਛਲੇ ਸਮੇਂ ਦੌਰਾਨ ਜਿੱਥੇ ਦੇਸ਼ ਵਿੱਚ ਸਾਹੀਵਾਲ ਗਾਵਾਂ ਦੀ ਆਬਾਦੀ ਘਟੀ ਹੈ, ਉਥੇ ਹੀ ਪੰਜਾਬ ਵਿੱਚ ਇਨਾਂ ਦੀ ਗਿਣਤੀ ਵਿੱਚ 0.3 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਉਨਾਂ ਕਿਹਾ ਕਿ ਜੇਕਰ ਸਾਹੀਵਾਲ ਗਾਵਾਂ ਨੂੰ ਵਧੀਆ ਤਰੀਕੇ ਨਾਲ ਪਾਲਿਆ ਜਾਵੇ ਤਾਂ ਇਹ ਕਿਸਾਨ ਨੂੰ ਆਰਥਿਕ ਤੌਰ ‘ਤੇ ਵੀ ਭਾਰੀ ਲਾਭ ਦੇਣ ਦੇ ਸਮਰੱਥ ਬਣ ਸਕਦੀ ਹੈ। ਉਨਾਂ ਕਿਹਾ ਕਮਿਸ਼ਨ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਸੂਬੇ ਭਰ ਦੀਆਂ ਗਊਸ਼ਾਲਾਵਾਂ ਨੂੰ ਆਰਥਿਕ ਤੌਰ ‘ਤੇ ਆਤਮ ਨਿਰਭਰ ਕੀਤਾ ਜਾ ਸਕੇ। ਇਸ ਮੌਕੇ ਉਨਾਂ ਨਾਲ ਸ੍ਰ. ਪਰਮਪਾਲ ਸਿੰਘ ਅਤੇ ਹੋਰ ਵੀ ਹਾਜ਼ਰ ਸਨ।


Spread the love
  •  
  •  
  •  
  •