ਪੰਜਾਬ ਸਰਕਾਰ ਵੱਲੋਂ ਕਿਸੇ ਵੀ ਤਰ੍ਹਾਂ ਦਾ ਭਿ੍ਰਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਤਿ੍ਰਪਤ ਰਾਜਿੰਦਰ ਸਿੰਘ ਬਾਜਵਾ

-ਭਿ੍ਰਸ਼ਟਾਚਾਰ ਬਾਰੇ ਚੁਣੇ ਨੁਮਾਇੰਦਿਆਂ ਅਤੇ ਅਧਿਕਾਰੀਆਂ ’ਤੇ ਪੰਜਾਬ ਸਰਕਾਰ ਦੀ ਤਿੱਖੀ ਨਜ਼ਰ-ਰਵਨੀਤ ਸਿੰਘ ਬਿੱਟੂ

ਕਿਲ੍ਹਾ ਰਾਏਪੁਰ (ਲੁਧਿਆਣਾ), ( ਸੰਜੇ ਮਿੰਕਾ )-ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰ. ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦਾ ਭਿ੍ਰਸ਼ਟਾਚਾਰ ਕਿਸੇ ਵੀ ਹੀਲੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਜਿਹੇ ਕਿਸੇ ਵੀ ਮਾਮਲੇ ਵਿੱਚ ਲਿਪਤ ਪਾਏ ਜਾਂਦੇ ਕਿਸੇ ਵੀ ਵਿਅਕਤੀ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਉਨ੍ਹਾਂ ਇਹ ਸ਼ਬਦ ਅੱਜ ਪਿੰਡ ਕਿਲ੍ਹਾ ਰਾਏਪੁਰ ਵਿਖੇ ਨਵੇਂ ਚੁਣੇ ਪੰਚਾਂ/ਸਰਪੰਚਾਂ/ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਸਹੁੰ ਚੁਕਾਉਣ ਲਈ ਆਯੋਜਿਤ ਕੀਤੇ ਗਏ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਸਹੁੰ ਚੁਕਾਉਣ ਦੀ ਰਸਮ ਉਨ੍ਹਾਂ ਵੱਲੋਂ ਨਿਭਾਈ ਗਈ। ਇਸ ਮੌਕੇ ਸਮੂਹ ਹਾਜ਼ਰੀਨ ਨੂੰ ਸੂਬੇ ਵਿੱਚੋਂ ਨਸ਼ੇ ਖ਼ਤਮ ਕਰਨ ਲਈ ਡੈਪੋ ਪ੍ਰੋਗਰਾਮ ਤਹਿਤ ਵੀ ਸਹੁੰ ਚੁਕਾਈ ਗਈ। ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰ. ਬਾਜਵਾ ਨੇ ਨਵੇਂ ਚੁਣੇ ਪੰਚਾਂ/ਸਰਪੰਚਾਂ/ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਪਿੰਡਾਂ ਅਤੇ ਖੇਤਰਾਂ ਦਾ ਵਿਕਾਸ ਕਰਨ ਲਈ ਪੂਰੀ ਦਿ੍ਰੜਤਾ ਨਾਲ ਕੰਮ ਕਰਨ ਕਿਉਂਕਿ ਇਸੇ ਵਿਕਾਸ ਦੇ ਨਾਲ ਹੀ ਸੂਬੇ ਦਾ ਸਰਬਪੱਖੀ ਵਿਕਾਸ ਸੰਭਵ ਹੋਵੇਗਾ। ਉਨ੍ਹਾਂ ਚੁਣੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਆਪਣੇ ਪਿੰਡਾਂ ਨੂੰ ਮਾਡਲ ਪਿੰਡ ਵਜੋਂ ਵਿਕਸਤ ਕਰਨ ਲਈ ਯਤਨ ਕਰਨ, ਇਸ ਸੰਬੰਧੀ ਪ੍ਰੇਰਨਾ ਲੈਣ ਲਈ ਉਹ ਜ਼ਿਲ੍ਹਾ ਜਲੰਧਰ ਦੇ ਪਿੰਡ ਹਰੀਪੁਰ ਅਤੇ ਸੀਚੇਵਾਲ ਦਾ ਵੀ ਦੌਰਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਲਈ ਮੁਹੱਈਆ ਕਰਵਾਏ ਜਾਂਦੇ ਫੰਡਾਂ ਦੀ ਪਾਰਦਰਸ਼ਤਾ ਨਾਲ ਸੁਚੱਜੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਪੰਚਾਇਤਾਂ ਨੂੰ ਭਰੋਸਾ ਦਿੱਤਾ ਕਿ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਕੋਲ ਫੰਡਾਂ ਦੀ ਕੋਈ ਵੀ ਕਮੀ ਨਹੀਂ ਹੈ। ਜ਼ਿਲ੍ਹਾ ਲੁਧਿਆਣਾ ਦੀਆਂ ਪੰਚਾਇਤਾਂ ਲਈ 24 ਕਰੋੜ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਗਈ ਹੈ। ਉਨ੍ਹਾਂ ਪ੍ਰਸਾਸ਼ਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੇ-ਦਰਬਾਰੇ ਪੰਚਾਂ ਸਰਪੰਚਾਂ ਸਮੇਤ ਚੁਣੇ ਹੋਏ ਨੁਮਾਇੰਦਿਆਂ ਨੂੰ ਬਣਦਾ ਮਾਣ ਸਨਮਾਨ ਦੇਣਾ ਯਕੀਨੀ ਬਣਾਉਣ। ਸ੍ਰ. ਬਾਜਵਾ ਨੇ ਕਿਹਾ ਕਿ ਇਹ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੀ ਹੈ, ਜਿਸਨੇ ਔਰਤਾਂ ਨੂੰ ਸਥਾਨਕ ਚੋਣਾਂ ਵਿੱਚ 50 ਫੀਸਦੀ ਰਾਖਵਾਂਕਰਨ ਦਾ ਪ੍ਰਬੰਧ ਕੀਤਾ ਹੈ ਕਿਉਂਕਿ ਪੰਜਾਬ ਸਰਕਾਰ ਚਾਹੁੰਦੀ ਹੈ ਕਿ ਸੂਬੇ ਦੇ ਵਿਕਾਸ ਸੰਬੰਧੀ ਲਏ ਜਾਣ ਵਾਲੇ ਹਰੇਕ ਫੈਸਲੇ ਵਿੱਚ ਔਰਤਾਂ ਦੀ ਵੀ ਬਰਾਬਰ ਦੀ ਭਾਗੀਦਾਰੀ ਹੋਵੇ। ਉਨ੍ਹਾਂ ਕਿਹਾ ਕਿ ਜਲਦ ਹੀ ਸਾਰੇ ਪਿੰਡਾਂ ਨੂੰ ਸੀਵਰੇਜ ਸਮੇਤ ਹੋਰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਚੁਣੇ ਨੁਮਾਇੰਦਿਆਂ ਨੂੰ ਆਪਣੇ-ਆਪਣੇ ਖੇਤਰ ਵਿੱਚ ਉਨ੍ਹਾਂ ਖੇਤਰਾਂ ਦਾ ਪਹਿਲ ਦੇ ਆਧਾਰ ’ਤੇ ਵਿਕਾਸ ਕਰਨ ਦੀ ਅਪੀਲ ਕੀਤੀ ਜਿੱਥੇ ਕਿ ਆਰਥਿਕ ਪੱਖੋਂ ਗਰੀਬ ਲੋਕ ਜੀਵਨ ਬਸਰ ਕਰਦੇ ਹਨ। ਉਨ੍ਹਾਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਅਤੇ ਪੰਚਾਇਤਾਂ ਨੂੰ ਮਗਨਰੇਗਾ ਯੋਜਨਾ ਦਾ ਵੀ ਭਰਪੂਰ ਲਾਭ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਭਿ੍ਰਸ਼ਟਾਚਾਰ ਅਤੇ ਵਿੱਤੀ ਬੇਨਿਯਮੀਆਂ ਵਰਗੇ ਮਾਮਲੇ ਸਰਕਾਰ ਤੱਕ ਪਹੰੁਚਾਉਣ ਲਈ ਲੋਕਾਂ ਨੂੰ ਸੋਸ਼ਲ ਮੀਡੀਆ ਆਦਿ ਦਾ ਉਸਾਰੂ ਸਹਾਰਾ ਲੈਣਾ ਚਾਹੀਦਾ ਹੈ। ਸਮਾਗਮ ਨੂੰ ਸੰਬੋਧਨ ਕਰਦਿਆਂ ਲੋਕ ਸਭਾ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਿ੍ਰਸ਼ਟਾਚਾਰ ਰੋਕਣ ਲਈ ਚੁਣੇ ਹੋਏ ਨੁਮਾਇੰਦਿਆਂ ਅਤੇ ਅਧਿਕਾਰੀਆਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਚੁਣੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਫੰਡਾਂ ਦੀ ਪਾਰਦਰਸ਼ਤਾ ਨਾਲ ਸੁਚਾਰੂ ਵਰਤੋਂ ਕਰਨ। ਸਮਾਗਮ ਦੌਰਾਨ ਇਸ਼ਮੀਤ ਸੰਗੀਤ ਅਕਾਦਮੀ, ਸਿਹਤ ਵਿਭਾਗ ਦੀ ਟੀਮ ਅਤੇ ਭਾਈ ਦਾਨ ਸਿੰਘ ਪਬਲਿਕ ਸਕੂਲ ਮਾਣੂੰਕੇ ਦੇ ਬੱਚਿਆਂ ਵੱਲੋਂ ਪੇਸ਼ਕਾਰੀਆਂ ਵੀ ਦਿੱਤੀਆਂ ਗਈਆਂ। ਇਸ ਮੌਕੇ ਸ੍ਰ. ਅਮਰੀਕ ਸਿੰਘ ਢਿੱਲੋਂ, ਸ੍ਰ. ਗੁਰਕੀਰਤ ਸਿੰਘ ਕੋਟਲੀ, ਸ੍ਰ. ਕੁਲਦੀਪ ਸਿੰਘ ਵੈਦ ਅਤੇ ਸ੍ਰ. ਲਖ਼ਬੀਰ ਸਿੰਘ ਲੱਖਾ (ਸਾਰੇ ਵਿਧਾਇਕ) ਨੇ ਵੀ ਸੰਬੋਧਨ ਕੀਤਾ। ਸਮਾਗਮ ਵਿੱਚ ਸਾਬਕਾ ਮੰਤਰੀ ਸ੍ਰ. ਮਲਕੀਤ ਸਿੰਘ ਦਾਖਾ, ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਵ) ਡਾ. ਸ਼ੇਨਾ ਅਗਰਵਾਲ, ਜ਼ਿਲ੍ਹਾ ਪੁਲਿਸ ਮੁੱਖੀ ਖੰਨਾ ਸ੍ਰੀ ਧਰੂਵ ਦਹਿਆ, ਜ਼ਿਲ੍ਹਾ ਪੁਲਿਸ ਮੁੱਖੀ ਲੁਧਿਆਣਾ (ਦਿਹਾਤੀ) ਸ੍ਰ. ਵਰਿੰਦਰ ਸਿੰਘ ਬਰਾੜ, ਐੱਸ. ਡੀ. ਐੱਮ. ਲੁਧਿਆਣਾ (ਪੱਛਮੀ) ਸ੍ਰ. ਅਮਰਜੀਤ ਸਿੰਘ ਬੈਂਸ, ਜ਼ਿਲ੍ਹਾ ਕਾਂਗਰਸ ਕਮੇਟੀ (ਦਿਹਾਤੀ) ਪ੍ਰਧਾਨ ਸ੍ਰ. ਕਰਨਜੀਤ ਸਿੰਘ ਸੋਨੀ, ਡਾ. ਅਮਰ ਸਿੰਘ, ਸ੍ਰੀਮਤੀ ਸਤਵਿੰਦਰ ਕੌਰ ਬਿੱਟੀ, ਸ੍ਰ. ਕਮਲਜੀਤ ਸਿੰਘ ਕੜਵਲ, ਸ੍ਰ. ਰਣਜੀਤ ਸਿੰਘ ਮਾਂਗਟ, ਸ੍ਰ੍ਰ. ਕਰਨ ਵੜਿੰਗ, ਐਡਵੋਕੇਟ ਸ੍ਰ. ਹਰਪ੍ਰੀਤ ਸਿੰਘ ਸੰਧੂ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *