ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਅਤੇ ਯੋਜਨਾਵਾਂ ਦਾ ਲਾਭ ਦਿਵਾਉਣ ਲਈ ਅਧਿਕਾਰੀ ਖੁਦ ਯਤਨ ਕਰਨ-ਬ੍ਰਹਮ ਮਹਿੰਦਰਾ

Spread the love

ਜ਼ਿਲਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਵਿੱਚ ਮੁਸ਼ਕਿਲਾਂ ਸੁਣੀਆਂ
ਲੁਧਿਆਣਾ, ( ਸੰਜੇ ਮਿੰਕਾ )-ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਜ਼ਿਲਾ ਲੁਧਿਆਣਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਲੋਕਾਂ ਨੂੰ ਵੱਖ-ਵੱਖ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਦਿਵਾਉਣ ਅਤੇ ਉਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਖੁਦ ਸੰਪਰਕ ਕਰਨ। ਇਸ ਤੋਂ ਇਲਾਵਾ ਪੀੜਤ ਲੋਕਾਂ ਨੂੰ ਵੀ ਕਿਹਾ ਗਿਆ ਹੈ ਕਿ ਉਹ ਆਪਣੀਆਂ ਮੁਸ਼ਕਿਲਾਂ ਲਿਖ਼ਤੀ ਰੂਪ ਵਿੱਚ ਜ਼ਿਲਾ ਪ੍ਰਸਾਸ਼ਨ ਦੇ ਧਿਆਨ ਵਿੱਚ ਲਿਆਉਣ। ਸ੍ਰੀ ਬ੍ਰਹਮ ਮਹਿੰਦਰਾ ਅੱਜ ਸਥਾਨਕ ਬਚਤ ਭਵਨ ਵਿਖੇ ਜ਼ਿਲਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਸੁਰਿੰਦਰ ਡਾਵਰ, ਸ੍ਰ. ਅਮਰੀਕ ਸਿੰਘ ਢਿੱਲੋਂ, ਸ੍ਰ. ਗੁਰਕੀਰਤ ਸਿੰਘ ਕੋਟਲੀ, ਸ੍ਰੀ ਸੰਜੇ ਤਲਵਾੜ, ਸ੍ਰੀਮਤੀ ਸਰਬਜੀਤ ਕੌਰ ਮਾਣੂੰਕੇ (ਸਾਰੇ ਵਿਧਾਇਕ), ਮੇਅਰ ਸ੍ਰ. ਬਲਕਾਰ ਸਿੰਘ ਸੰਧੂ, ਨਗਰ ਨਿਗਮ ਕਮਿਸ਼ਨਰ ਸ੍ਰੀਮਤੀ ਕੰਵਲ ਪ੍ਰੀਤ ਕੌਰ ਬਰਾੜ, ਗਲਾਡਾ ਦੇ ਮੁੱਖ ਪ੍ਰਸਾਸ਼ਕ ਸ੍ਰ. ਪਰਮਿੰਦਰ ਸਿੰਘ ਗਿੱਲ, ਨਗਰ ਸੁਧਾਰ ਟਰੱਸਟ ਚੇਅਰਮੈਨ ਸ੍ਰੀ ਰਮਨ ਬਾਲਾਸੁਬਰਾਮਨੀਅਮ, ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਸ੍ਰੀ ਗੁਰਪ੍ਰੀਤ ਗੋਗੀ, ਕੌਂਸਲਰ ਸ੍ਰੀਮਤੀ ਮਮਤਾ ਆਸ਼ੂ, ਸ੍ਰੀ ਹੰਸ ਰਾਜ ਜੱਸਾ ਤੋਂ ਇਲਾਵਾ ਕਮੇਟੀ ਦੇ ਹੋਰ ਮੈਂਬਰ ਅਤੇ ਅਧਿਕਾਰੀ ਹਾਜ਼ਰ ਸਨ।
ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਮਹਿੰਦਰਾ ਨੇ ਕਿਹਾ ਕਿ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਪਤਾ ਲਗਾਉਣ ਲਈ ਖੁਦ ਫੀਲਡ ਵਿੱਚ ਜਾਣਾ ਚਾਹੀਦਾ ਹੈ। ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਲੋਕ ਹਿੱਤ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਉਨਾਂ ਦਾ ਲਾਭ ਯੋਗ ਲਾਭਪਾਤਰੀਆਂ ਨੂੰ ਦੇਣ ਲਈ ਉਪਰਾਲੇ ਕਰਨ ਤਾਂ ਜੋ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਯੋਜਨਾਵਾਂ ਨਾਲ ਲੋਕਾਂ ਦਾ ਅਤੇ ਸੂਬੇ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ। ਉਨਾਂ ਕਿਹਾ ਕਿ ਕੋਈ ਵੀ ਪ੍ਰਸਾਸ਼ਨ ਕਿਸੇ ਸਰਕਾਰ ਦਾ ਮਹੱਤਵਪੂਰਨ ਅੰਗ ਹੁੰਦਾ ਹੈ, ਜਿਸ ਦੇ ਜ਼ਰੀਏ ਸਰਕਾਰ ਨੇ ਲੋਕ ਪੱਖੀ ਨੀਤੀਆਂ ਨੂੰ ਸਫ਼ਲਤਾਪੂਰਵਕ ਲਾਗੂ ਕਰਾਉਣਾ ਹੁੰਦਾ ਹੈ ਪਰ ਦੇਖਣ ਵਿੱਚ ਆਉਂਦਾ ਹੈ ਕਿ ਕਈ ਪ੍ਰਸਾਸ਼ਨਿਕ ਅਧਿਕਾਰੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਹੱਲ ਕਰਨ ਦੀ ਬਿਜਾਏ ਉਨਾਂ ਨੂੰ ਠੰਢੇ ਬਸਤੇ ਪਾਈ ਰੱਖਦੇ ਹਨ, ਨਤੀਜਤਨ ਲੋਕਾਂ ਵਿੱਚ ਸਰਕਾਰ ਪ੍ਰਤੀ ਗੁੱਸਾ ਅਤੇ ਅਵਿਸ਼ਵਾਸ਼ ਦੀ ਭਾਵਨਾ ਪੈਦਾ ਹੋ ਜਾਂਦੀ ਹੈ। ਉਨਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਹਾਂ ਪੱਖੀ ਨਜ਼ਰੀਆ ਅਪਨਾਉਣ।
ਉਨਾਂ ਕਮੇਟੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਅਗਲੀ ਮੀਟਿੰਗ ਵਿੱਚ ਲਿਖ਼ਤੀ ਸ਼ਿਕਾਇਤਾਂ ਲੈ ਕੇ ਆਉਣ ਤਾਂ ਜੋ ਉਨਾਂ ਨੂੰ ਅੰਜ਼ਾਮ ਤੱਕ ਪਹੁੰਚਾਉਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਮੈਂਬਰਾਂ ਨੂੰ ਵੱਖ-ਵੱਖ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਬਾਰੇ ਜਾਗਰੂਕ ਕੀਤਾ ਜਾਵੇ। ਮੀਟਿੰਗ ਦੌਰਾਨ ਉਠਾਏ ਗਏ ਮੁੱਦਿਆਂ ‘ਤੇ ਉਨਾਂ ਸੰਬੰਧਤ ਸਮੂਹ ਅਧਿਕਾਰੀਆਂ ਨੂੰ ਤਰਜੀਹੀ ਤੌਰ ‘ਤੇ ਧਿਆਨ ਦੇਣ ਅਤੇ ਇਨਾਂ ਦਾ ਹੱਲ ਕਰਨ ਬਾਰੇ ਕਿਹਾ। ਉਨਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇ। ਹਰੇਕ ਕੰਮ ਵਿੱਚ ਲੋਕ ਨੁਮਾਇੰਦਿਆਂ ਨੂੰ ਭਰੋਸੇ ਵਿੱਚ ਲਿਆ ਜਾਵੇ। ਉਨਾਂ ਐਲਾਨ ਕੀਤਾ ਕਿ ਜ਼ਿਲਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਹੁਣ ਹਰੇਕ ਮਹੀਨੇ ਹੋਇਆ ਕਰੇਗੀ। ਜਿਸ ਵਿੱਚ ਸ਼ਿਕਾਇਤਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਦੀ ਜਿੰਮੇਵਾਰੀ ਨਿਯਤ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਚੇਅਰਮੈਨ ਅਤੇ ਹੋਰ ਮੈਂਬਰਾਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਮੀਟਿੰਗ ਦੀ ਕਾਰਵਾਈ ਚਲਾਈ। ਉਨਾਂ ਜ਼ਿਲਾ ਲੁਧਿਆਣਾ ਵਿੱਚ ਵੱਖ-ਵੱਖ ਯੋਜਨਾਵਾਂ ਤਹਿਤ ਲਾਭਪਾਤਰੀਆਂ ਨੂੰ ਦਿੱਤੇ ਜਾ ਰਹੇ ਲਾਭਾਂ ਅਤੇ ਮੁਸ਼ਕਿਲਾਂ ਦੇ ਹੱਲ ਲਈ ਕੀਤੇ ਜਾ ਰਹੇ ਯਤਨਾਂ ਦਾ ਵੇਰਵਾ ਪੇਸ਼ ਕੀਤਾ।

Leave a Reply

Your email address will not be published. Required fields are marked *