ਜ਼ਿਲਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

-ਡਿਪਟੀ ਕਮਿਸ਼ਨਰ ਵੱਲੋਂ ਸੁਚੱਜੇ ਪ੍ਰਬੰਧਾਂ ਸੰਬੰਧੀ ਹਦਾਇਤਾਂ ਜਾਰੀ


ਲੁਧਿਆਣਾ, ( ਸੰਜੇ ਮਿੰਕਾ )-26 ਜਨਵਰੀ ਨੂੰ ਗਣਤੰਤਰ ਦਿਵਸ ਸੰਬੰਧੀ ਜ਼ਿਲਾ ਪੱਧਰੀ ਸਮਾਗਮ ਹਰ ਸਾਲ ਦੀ ਤਰਾਂ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਮਨਾਇਆ ਜਾਵੇਗਾ, ਜਿਸ ਵਿੱਚ ਪੰਜਾਬ ਦੇ ਸਿੱਖਿਆ, ਫੂਡ ਪ੍ਰੋਸੈਸਿੰਗ ਅਤੇ ਅਜ਼ਾਦੀ ਘੁਲਾਟੀਏ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਓ. ਪੀ. ਸੋਨੀ ਮੁੱਖ ਮਹਿਮਾਨ ਵਜੋਂ ਪੁੱਜਣਗੇ ਅਤੇ ਕੌਮੀ ਤਿਰੰਗੇ ਝੰਡੇ ਨੂੰ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਦਿਹਾੜੇ ਨੂੰ ਵਧੀਆ ਤਰੀਕੇ ਨਾਲ ਮਨਾਉਣ ਲਈ ਤਿਆਰੀਆਂ ਸੰੰਬੰਧੀ ਮੀਟਿੰਗ ਦਾ ਆਯੋਜਨ ਅੱਜ ਸਥਾਨਕ ਬਚਤ ਭਵਨ ਵਿਖੇ ਕੀਤਾ ਗਿਆ, ਜਿਸ ਦੀ ਪ੍ਰ੍ਰਧਾਨਗੀ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਕੀਤੀ। ਮੀਟਿੰਗ ਦੌਰਾਨ ਲਏ ਗਏ ਫੈਸਲਿਆਂ ਅਨੁਸਾਰ ਹਰ ਵਾਰ ਦੀ ਤਰਾਂ ਇਸ ਸਮਾਗਮ ਨੂੰ ਵੀ ਜ਼ਿਲਾ ਪ੍ਰਸਾਸ਼ਨ ਵੱਲੋਂ ਬਹੁਤ ਹੀ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ। ਸਮਾਗਮ ਦੌਰਾਨ ਜਿੱਥੇ ਮੁੱਖ ਮਹਿਮਾਨ ਵੱਲੋਂ ਕੌਮੀ ਝੰਡਾ ਲਹਿਰਾਉਣ ਦੇ ਨਾਲ-ਨਾਲ ਜ਼ਿਲਾ ਵਾਸੀਆਂ ਦੇ ਨਾਮ ਸੰਦੇਸ਼ ਜਾਰੀ ਕੀਤਾ ਜਾਵੇਗਾ, ਉਥੇ ਹੀ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਤਿਆਰ ਕੀਤਾ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ। ਰੰਗਾਰੰਗ ਪ੍ਰੋਗਰਾਮ, ਪੀ. ਟੀ. ਸ਼ੋਅ ਅਤੇ ਲੇਜ਼ੀਅਮ ਵਿੱਚ ਵੱਖ-ਵੱਖ ਸਕੂਲਾਂ ਦੇ 2000 ਤੋਂ ਵਧੇਰੇ ਵਿਦਿਆਰਥੀ ਭਾਗ ਲੈਣਗੇ। ਇਸ ਤੋਂ ਇਲਾਵਾ ਆਜ਼ਾਦੀ ਘੁਲਾਟੀਏ ਪਰਿਵਾਰਾਂ ਦਾ ਸਨਮਾਨ ਕੀਤਾ ਜਾਵੇਗਾ। ਸਮਾਗਮ ਸਵੇਰੇ 9.58 ਮਿੰਟ ‘ਤੇ ਮੁੱਖ ਮਹਿਮਾਨ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਨਾਲ ਸ਼ੁਰੂ ਹੋਵੇਗਾ। ਸਮਾਗਮ ਤੋਂ ਪਹਿਲਾਂ 21, 22 ਅਤੇ 23 ਜਨਵਰੀ, 2019 ਨੂੰ ਸਟੇਡੀਅਮ ਵਿਖੇ ਰਿਹਰਸਲ ਕਰਵਾਈ ਜਾਵੇਗੀ, ਜਦਕਿ 24 ਜਨਵਰੀ ਨੂੰ ਫੁੱਲ ਡਰੈੱਸ ਰਿਹਰਸਲ ਕਰਵਾਈ ਜਾਵੇਗੀ। ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਗਾਉਂਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਗਰਵਾਲ ਨੇ ਕਿਹਾ ਕਿ ਗਣਤੰਤਰ ਦਿਵਸ ਅਤੇ ਆਜ਼ਾਦੀ ਦਿਵਸ ਸਮਾਗਮ ਦੋ ਰਾਸ਼ਟਰੀ ਸਮਾਗਮ ਹੁੰਦੇ ਹਨ, ਜਿਨਾਂ ਨੂੰ ਹਰੇਕ ਦੇਸ਼ ਵਾਸੀ ਨੂੰ ਬਹੁਤ ਹੀ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ। ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਮਾਗਮ ਨੂੰ ਧਿਆਨ ਵਿੱਚ ਰੱਖਦਿਆਂ ਸ਼ਹਿਰ ਦੀ ਪੂਰੀ ਤਰਾਂ ਸਫਾਈ ਕਰਵਾਈ ਜਾਵੇ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿੱਚ ਵਧ ਚੜ ਕੇ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵ) ਡਾ. ਸ਼ੇਨਾ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਇਕਬਾਲ ਸਿੰਘ ਸੰਧੂ, ਸ੍ਰੀ ਸਾਗਰ ਸੇਤੀਆ ਆਈ.ਏ.ਐੱਸ. (ਅੰਡਰ ਟ੍ਰੇਨਿੰਗ), ਸੰਯੁਕਤ ਕਮਿਸ਼ਨਰ ਨਗਰ ਨਿਗਮ ਸ੍ਰ. ਕੁਲਪ੍ਰੀਤ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਸ੍ਰ. ਅਮਰਿੰਦਰ ਸਿੰਘ ਮੱਲੀ, ਸ੍ਰ. ਅਮਰਜੀਤ ਸਿੰਘ ਬੈਂਸ ਉੱਪ ਮੰਡਲ ਮੈਜਿਸਟ੍ਰੇਟ, ਸ੍ਰੀਮਤੀ ਲਵਜੀਤ ਕੌਰ ਕਲਸੀ ਸਕੱਤਰ ਰੀਜ਼ਨਲ ਟਰਾਂਸਪੋਰਟ ਅਥਾਰਟੀ, ਸ੍ਰ. ਨਵਰਾਜ ਸਿੰਘ  ਰਾੜ ਸਹਾਇਕ ਆਬਕਾਰੀ ਅਤੇ ਕਰ ਕਮਿਸ਼ਨਰ, ਮਿਸ ਕਨੂੰ ਗਰਗ ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਸਹਾਇਕ ਪੁਲਿਸ ਕਮਿਸ਼ਨਰ ਸ੍ਰੀ ਰਾਜਨ ਸ਼ਰਮਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *