‘ਆਪ’ ਸਰਕਾਰ ਦੇ ਸ਼ਾਸਨ ਵਿੱਚ ਪੰਜਾਬ ਦੀ ਆਰਥਿਕਤਾ ਬਦਹਾਲੀ ਵੱਲ: ਦੀਵਾਨ
ਲੁਧਿਆਣਾ, 9 ਅਕਤੂਬਰ (ਜਗਜੀਤ): ਜ਼ਿਲ੍ਹਾ ਕਾਂਗਰਸ ਕਮੇਟੀ, ਲੁਧਿਆਣਾ (ਸ਼ਹਿਰੀ) ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਸੂਬੇ ਦੇ ਵਿੱਤੀ ਹਾਲਾਤਾਂ ਬਾਰੇ ਤੁਰੰਤ ਇੱਕ ਵਿਸਥਾਰ ਵਿੱਚ ‘ਵ੍ਹਾਈਟ ਪੇਪਰ’ ਜਾਰੀ ਕਰੇ। ਇਸ ਮੌਕੇ ਸੱਤਾਧਾਰੀ ਸਰਕਾਰ ’ਤੇ ਪੰਜਾਬ ਦੀ ਆਰਥਿਕਤਾ ਨੂੰ ਤਬਾਹ ਕਰਨ ਦੇ ਦੋਸ਼ ਲਾਉਂਦਿਆਂ, ਦੀਵਾਨ ਨੇ ਚਿਤਾਵਨੀ ਦਿੱਤੀ ਕਿ ਸਰਕਾਰ ਵੱਲੋਂ ਸੂਬੇ ਦਾ ਕੰਮਕਾਜ ਪੂਰੀ ਤਰ੍ਹਾਂ ਕਰਜ਼ੇ ਦੇ ਸਹਾਰੇ ਚਲਾਇਆ ਜਾ ਰਿਹਾ ਹੈ ਅਤੇ ਵਿੱਤੀ ਸਾਲ 2026-27 ਦੇ ਅੰਤ ਤੱਕ ਪੰਜਾਬ ਦਾ ਕੁੱਲ ਬਕਾਇਆ ਕਰਜ਼ਾ ਵਧ ਕੇ 4.47 ਲੱਖ ਕਰੋੜ ਰੁਪਏ ਦੇ ਚਿੰਤਾਜਨਕ ਪੱਧਰ ਤੱਕ ਪਹੁੰਚਣ ਦਾ ਅਨੁਮਾਨ ਹੈ।
ਦੀਵਾਨ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਹਿਜ਼ ਸਾਢੇ ਚਾਰ ਸਾਲਾਂ ਦੇ ਕੁਝ ਵੱਧ ਸਮੇਂ ਵਿੱਚ ਜਿੰਨਾ ਕਰਜ਼ਾ ਲਿਆ ਹੈ, ਉਹ ਪਿਛਲੇ ਸੱਤ ਦਹਾਕਿਆਂ ਦੌਰਾਨ ਲਗਾਤਾਰ ਬਣੀਆਂ ਸਰਕਾਰਾਂ ਵੱਲੋਂ ਇਕੱਠੇ ਕੀਤੇ ਗਏ ਕਰਜ਼ੇ ਦੇ ਲਗਭਗ ਬਰਾਬਰ ਜਾਂ ਉਸ ਤੋਂ ਵੀ ਵੱਧ ਹੋ ਗਿਆ ਹੈ। ਉਨ੍ਹਾਂ ਨੇ ਸਰਕਾਰ ਦੀ ਸਖ਼ਤ ਆਲੋਚਨਾ ਕਰਦਿਆਂ, ਕਿਹਾ ਕਿ ਮੌਜੂਦਾ ਹਕੂਮਤ ਨੇ ਸੂਬੇ ਦੀ ਆਰਥਿਕਤਾ ਨੂੰ ਲਗਾਤਾਰ ਨਿਘਾਰ ਵੱਲ ਧੱਕ ਦਿੱਤਾ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ, ਦੀਵਾਨ ਨੇ ਮਾਨ ਸਰਕਾਰ ’ਤੇ ਵਿੱਤੀ ਮਾਮਲਿਆਂ ਵਿੱਚ ਗੈਰ-ਜ਼ਿੰਮੇਵਾਰਾਨਾ ਢੰਗ ਨਾਲ ਕੰਮ ਕਰਨ ਦੇ ਦੋਸ਼ ਲਾਏ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨਾ ਤਾਂ ਡਾਵਾਂਡੋਲ ਹੋ ਰਹੀ ਆਰਥਿਕਤਾ ਨੂੰ ਮੁੜ ਲੀਹ ’ਤੇ ਲਿਆਉਣ ਵਿੱਚ ਸਫ਼ਲ ਹੋਈ ਹੈ ਅਤੇ ਨਾ ਹੀ ਖ਼ਜ਼ਾਨੇ ਦੀ ਮਾੜੀ ਹਾਲਤ ਦੇ ਬਾਵਜੂਦ ਇਸ਼ਤਿਹਾਰਾਂ ਅਤੇ ਪ੍ਰਚਾਰ ਮੁਹਿੰਮਾਂ ’ਤੇ ਫ਼ਜ਼ੂਲ ਖ਼ਰਚੇ ਨੂੰ ਰੋਕ ਸਕੀ ਹੈ।
ਇਸ ਮੌਕੇ ਦੀਵਾਨ ਨੇ ਜ਼ੋਰ ਦਿੰਦਿਆਂ, ਕਿਹਾ ਕਿ ‘ਵ੍ਹਾਈਟ ਪੇਪਰ’ ਹੀ ਉਹ ਤਰੀਕਾ ਹੈ, ਜਿਸ ਰਾਹੀਂ ਪੰਜਾਬ ਦੇ ਲੋਕਾਂ ਨੂੰ ਇਹ ਸੱਚਾਈ ਪਤਾ ਲੱਗ ਸਕੇਗੀ ਕਿ ਟੈਕਸ ਅਦਾਕਾਰਾਂ ਦਾ ਕਿੰਨਾ ਪੈਸਾ ਇਸ਼ਤਿਹਾਰਾਂ ਅਤੇ ਖੋਖਲੀਆਂ ਪ੍ਰਚਾਰ ਮੁਹਿੰਮਾਂ ’ਤੇ ਬਰਬਾਦ ਕੀਤਾ ਗਿਆ ਹੈ, ਜਿਨ੍ਹਾਂ ਦਾ ਮਕਸਦ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਝੂਠੀ ਸ਼ਾਨ ਬਣਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਪਾਰਦਰਸ਼ਤਾ ਦੇ ਮਾਮਲੇ ਵਿੱਚ ਦੋਹਰੇ ਮਾਪਦੰਡ ਨਹੀਂ ਚੱਲ ਸਕਦੇ। ‘ਵ੍ਹਾਈਟ ਪੇਪਰ’ ਵਿੱਚ ਪ੍ਰਚਾਰ ’ਤੇ ਖ਼ਰਚ ਕੀਤੇ ਗਏ ਇੱਕ-ਇੱਕ ਰੁਪਏ ਦਾ ਵੇਰਵਾ ਸਾਹਮਣੇ ਆਉਣਾ ਚਾਹੀਦਾ ਹੈ, ਜਦੋਂਕਿ ਸੂਬੇ ਦੀ ਆਰਥਿਕਤਾ ਲਗਾਤਾਰ ਕਰਜ਼ੇ ਦੇ ਬੋਝ ਹੇਠ ਦੱਬਦੀ ਜਾ ਰਹੀ ਹੈ।
ਦੀਵਾਨ ਨੇ ਦੋਸ਼ ਲਾਇਆ ਕਿ ‘ਆਪ’ ਸਰਕਾਰ ਬਾਹਰੀ ਲੋਕਾਂ, ਖ਼ਾਸ ਕਰਕੇ ਦਿੱਲੀ ਨਾਲ ਸਬੰਧਤ ਵਿਅਕਤੀਆਂ ਨੂੰ ਵੱਖ-ਵੱਖ ਕੰਮ ਸੌਂਪ ਕੇ ਅਤੇ ਉਨ੍ਹਾਂ ਨੂੰ ਭਾਰੀ ਅਦਾਇਗੀਆਂ ਤੇ ਖ਼ਰਚਿਆਂ ਦੀ ਭਰਪਾਈ ਦੇ ਕੇ ਖੁੱਲ੍ਹੇਆਮ ਲਾਭ ਪਹੁੰਚਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੀ ਪ੍ਰਥਾ ਨਾ ਸਿਰਫ਼ ਪੰਜਾਬ ਦੇ ਆਪਣੇ ਹੁਨਰਮੰਦ ਲੋਕਾਂ ਨੂੰ ਨਜ਼ਰਅੰਦਾਜ਼ ਕਰਦੀ ਹੈ, ਸਗੋਂ ਸੂਬੇ ਦੇ ਖ਼ਜ਼ਾਨੇ ’ਤੇ ਵੀ ਵਾਧੂ ਬੋਝ ਪਾਉਂਦੀ ਹੈ। ਇਸ ਨਾਲ ਇਹ ਸਵਾਲ ਖੜ੍ਹਾ ਹੁੰਦਾ ਹੈ ਕਿ ਸਰਕਾਰ ਲੋਕਾਂ ਦੀ ਸੇਵਾ ਕਰਨ ਦੀ ਬਜਾਏ ਆਪਣੇ ਚਹੇਤਿਆਂ ਨੂੰ ਲਾਭ ਪਹੁੰਚਾਉਣ ਵਿੱਚ ਜ਼ਿਆਦਾ ਦਿਲਚਸਪੀ ਰੱਖਦੀ ਹੈ।
ਇਸੇ ਤਰ੍ਹਾਂ, ਦੀਵਾਨ ਨੇ ‘ਆਪ’ ਸਰਕਾਰ ’ਤੇ ਸਥਾਪਤ ਕਾਨੂੰਨਾਂ ਅਤੇ ਨਿਯਮਾਂ ਦੀ ਉਲੰਘਣਾ ਕਰਦਿਆਂ, ਬਾਹਰੀ ਏਜੰਸੀਆਂ ਨੂੰ ਕਈ ਠੇਕੇ ਦੇਣ ਦੇ ਵੀ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾ ਸਿਰਫ਼ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਕਮਜ਼ੋਰ ਕਰਦੀਆਂ ਹਨ, ਸਗੋਂ ਸਰਕਾਰ ਦੀ ਨੀਅਤ ’ਤੇ ਵੀ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਭਲਾਈ ਨਾਲੋਂ ਪੱਖਪਾਤ ਅਤੇ ਨਿੱਜੀ ਹਿੱਤਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।
ਦੀਵਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਪੰਜਾਬ ਦੇ ਲੋਕ ਪਾਰਦਰਸ਼ਤਾ ਤੇ ਜਵਾਬਦੇਹੀ ਦੇ ਹੱਕਦਾਰ ਹਨ ਅਤੇ ਸੂਬੇ ਦੀ ਵਿੱਤੀ ਹਕੀਕਤ ਸਾਹਮਣੇ ਲਿਆਉਣ ਲਈ ‘ਵ੍ਹਾਈਟ ਪੇਪਰ’ ਜਾਰੀ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਸੂਬੇ ਦੀ ਆਰਥਿਕਤਾ ਬਦਹਾਲ ਹੋ ਰਹੀ ਹੈ, ਤਾਂ ਸਰਕਾਰ ਖੋਖਲੇ ਦਾਅਵਿਆਂ ਪਿੱਛੇ ਲੁਕ ਨਹੀਂ ਸਕਦੀ। ਲੋਕਾਂ ਸਾਹਮਣੇ ਸੱਚਾਈ ਲਿਆਉਣੀ ਹੀ ਪਵੇਗੀ। ਉਨ੍ਹਾਂ ਨੇ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਗੁੰਮਰਾਹ ਕਰਨਾ ਬੰਦ ਕਰੇ ਅਤੇ ਆਪਣੇ ਕਾਰਜਕਾਲ ਦੌਰਾਨ ਪੈਦਾ ਹੋਏ ਵਿੱਤੀ ਸੰਕਟ ਬਾਰੇ ਸੱਚਾਈ ਜਨਤਾ ਦੇ ਸਾਹਮਣੇ ਰੱਖੇ।